ਨਵੀਂ ਜਾਣਕਾਰੀ

ਤੂਫਾਨਾਂ ਦਾ ਸ਼ਾਹ ਅਸਵਾਰ - ਸ਼ਹੀਦ ਕਰਤਾਰ ਸਿੰਘ ਸਰਾਭਾ

ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ,
ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ।
ਜਿਨ੍ਹਾਂ ਨੇ ਦੇਸ਼ ਸੇਵਾ ਵਿਚ ਪੈਰ ਪਾਇਆ,
ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ।
ਕਰਤਾਰ ਸਿੰਘ ਸਰਾਭਾ 15 ਸਾਲਾਂ ਦਾ ਸੀ ਜਦੋਂ ਉਹ ਗਦਰ ਪਾਰਟੀ ਦਾ ਮੈਂਬਰ ਬਣਿਆ। ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਕ ਮੈਂਬਰ ਬਣ ਗਿਆ ਅਤੇ ਭਾਰਤੀ ਸੁਤੰਤਰਤਾ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸੀ। ਨਵੰਬਰ 1915 ਵਿੱਚ ਕੇਂਦਰੀ ਜੇਲ੍ਹ, ਲਾਹੌਰ ਵਿੱਚ, ਜਦੋਂ ਉਹ 19 ਸਾਲ ਦੀ ਉਮਰ ਵਿੱਚ ਸਨ, ਅੰਦੋਲਨ ਵਿੱਚ ਉਸਦੀ ਭੂਮਿਕਾ ਲਈ ਉਸਨੂੰ ਫਾਂਸੀ ਦੇ ਦਿੱਤੀ ਗਈ ਸੀ। ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਸਰਦਾਰ ਮੰਗਲ ਸਿੰਘ ਅਤੇ ਬੀਬੀ ਸਾਹਿਬ ਕੌਰ ਦੇ ਘਰ ਹੋਇਆ। ਛੋਟੀ ਉਮਰ ਵਿੱਚ ਹੀ ਉਸ ਦੇ ਪਿਤਾ ਜੀ ਦੀ ਮੌਤ ਹੋ ਗਈ ਅਤੇ ਉਸ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਦਾਦਾ ਸਰਦਾਰ ਬਚਨ ਸਿੰਘ ਦੇ ਮੋਢਿਆਂ 'ਤੇ ਆ ਗਈ। ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਵਿੱਦਿਆ ਸਰਾਭਾ ਪਿੰਡ ਵਿੱਚ ਹੀ ਪ੍ਰਾਪਤ ਕੀਤੀ। ਅੱਠਵੀਂ ਤੱਕ ਦੀ ਸਿੱਖਿਆ ਮਾਲਵਾ ਖਾਲਸਾ ਸਕੂਲ, ਲੁਧਿਆਣਾ ਤੋਂ ਪ੍ਰਾਪਤ ਕੀਤੀ। ਇਸ ਮਗਰੋਂ ਕਰਤਾਰ ਸਿੰਘ ਆਪਣੇ ਚਾਚਾ ਵੀਰ ਸਿੰਘ ਜੋ ਉੜੀਸਾ ਦੇ ਸ਼ਹਿਰ ਕਟਕ ਵਿੱਚ ਡਾਕਟਰ ਲੱਗੇ ਹੋਏ ਸਨ, ਕੋਲ ਚਲਾ ਗਿਆ ਅਤੇ ਉੱਥੋਂ ਦੀ ਰੇਵਨਸ਼ਾਹ ਯੂਨੀਵਰਸਿਟੀ ਤੋਂ ਦਸਵੀਂ ਤੱਕ ਦੀ ਪੜ੍ਹਾਈ ਕੀਤੀ। ਕਰਤਾਰ ਸਿੰਘ ਪੜ੍ਹਾਈ ਵਿੱਚ ਸ਼ੁਰੂ ਤੋਂ ਬਹੁਤ ਹੁਸ਼ਿਆਰ ਸੀ, ਉਸ ਦੇ ਦਾਦਾ ਜੀ ਉਸ ਨੂੰ ਉੱਚੇ ਅਹੁਦੇ 'ਤੇ ਵੇਖਣਾ ਚਾਹੁੰਦੇ ਸਨ। ਇਸ ਲਈ ਉਸਦੇ ਦਾਦਾ ਜੀ ਨੇ ਉਚੇਰੀ ਪੜ੍ਹਾਈ ਲਈ ਉਸ ਨੂੰ ਅਮਰੀਕਾ ਭੇਜ ਦਿੱਤਾ, ਉੱਥੇ ਉਸ ਨੇ ਕੈਲੀਫ਼ੋਰਨੀਆ ਯੂਨੀਵਰਸਿਟੀ, ਬਰਕਲੀ ਵਿੱਚ ਰਸਾਇਣ ਵਿਗਿਆਨ ਦੀ ਪੜ੍ਹਾਈ ਸ਼ੁਰੂ ਕਰ ਦਿੱਤੀ। ਇਸ ਸਮੇਂ ਅਮਰੀਕਾ ਤੇ ਕੈਨੇਡਾ ਵਿੱਚ ਚੋਖੀ ਗਿਣਤੀ ਵਿੱਚ ਹਿੰਦੁਸਤਾਨੀ ਤੇ ਖ਼ਾਸ ਕਰਕੇ ਸਿੱਖ ਪਹੁੰਚ ਚੁੱਕੇ ਸਨ। ਗ਼ਦਰ ਲਹਿਰ ਦਾ ਮੁੱਢ ਬੱਝ ਰਿਹਾ ਸੀ। ਦੇਸ਼ ਵਿੱਚ ਭਾਰਤੀਆਂ ਨਾਲ ਹੁੰਦੇ ਵਿਤਕਰੇ ਨੂੰ ਦੇਖ ਕੇ ਉਸ ਦੀ ਰੂਹ ਕੁਰਲਾ ਉੱਠੀ ਤੇ ਉਹ ਦਿਨ ਰਾਤ ਭਾਰਤ ਨੂੰ ਆਜ਼ਾਦ ਕਰਵਾਉਣ ਦੇ ਸੁਪਨੇ ਲੈਣ ਲੱਗਾ।

ਸੰਸਾਰ ਉਤੇ ਪਹਿਲੇ ਵਿਸ਼ਵ ਯੁਧ ਦੇ ਬੱਦਲ ਮੰਡਰਾ ਰਹੇ ਸਨ ਤੇ ਬਸਤੀਵਾਦੀ ਦੇਸ਼ਾਂ ਨੇ ਸਾਰੇ ਸੰਸਾਰ ਨੂੰ ਇਸ ਅੰਦਰ ਘੜੀਸ ਲਿਆ ਸੀ। ਅੰਤ ਨੂੰ 1914 ਵਿਚ ਪਹਿਲੀ ਸੰਸਾਰ ਜੰਗ ਦੇ ਭਾਂਬੜ ਮੱਚ ਉਠੇ। ਅਮਰੀਕਾ ਵਿਚ ਰਹਿੰਦੇ ਦੇਸ਼ ਭਗਤਾਂ ਨੇ ਮਹਿਸੂਸ ਕੀਤਾ ਕਿ ਹੁਣ ਜਦੋਂ ਅੰਗਰੇਜ਼ ਲੜਾਈ ਵਿਚ ਰੁਝੇ ਹੋਏ ਹਨ ਤਾਂ ਇਹੀ ਚੰਗਾ ਮੌਕਾ ਹੈ ਆਜ਼ਾਦੀ ਪ੍ਰਾਪਤੀ ਦੇ ਸੰਘਰਸ਼ ਨੂੰ ਤੇਜ਼ ਕਰਨ ਦਾ। ਅਮਰੀਕਾ ਵਿੱਚ ਵਸਦੇ ਹਿੰਦੁਸਤਾਨੀਆਂ ਨੇ 1913 ਈ. ਵਿੱਚ ਗ਼ਦਰ ਨਾਂਅ ਦੀ ਇੱਕ ਪਾਰਟੀ ਬਣਾਈ, ਜਿਸ ਦੇ ਪ੍ਰਧਾਨ ਪ੍ਰਸਿੱਧ ਦੇਸ਼ ਭਗਤ ਸੋਹਣ ਸਿੰਘ ਭਕਨਾ ਅਤੇ ਸਕੱਤਰ ਲਾਲਾ ਹਰਦਿਆਲ ਸਨ। ਕਰਤਾਰ ਸਿੰਘ ਸੋਹਣ ਸਿੰਘ ਭਕਨਾ ਨੂੰ ਮਿਲਿਆ ਤੇ ਇਸ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ। ਲਾਲਾ ਹਰਦਿਆਲ ਨੂੰ ਇਹ ਅਹਿਸਾਸ ਸੀ ਕਿ ਇਹ ਨੌਜਵਾਨ ਮੁੰਡਾ ਕਾਫੀ ਹਿੰਮਤੀ ਹੈ। ਇਸ ਨਾਲ ਸਾਰਿਆਂ ਨੂੰ ਇਹ ਸਮਝ ਆ ਚੁੱਕੀ ਸੀ ਕਿ ਲਾਲਾ ਹਰਦਿਆਲ ਦੇ ਕੰਮ ਸ਼ੁਰੂ ਕਰਦਿਆਂ ਹੀ ਕਰਤਾਰ ਸਿੰਘ ਸਰਾਭਾ ਇੱਕ ਅਹਿਮ ਰੋਲ ਅਦਾ ਕਰਨਗੇ। ਕਰਤਾਰ ਸਿੰਘ ਇਸ ਪਾਰਟੀ ਵਿੱਚ ਬਹੁਤ ਜਲਦੀ ਹਰਮਨ-ਪਿਆਰਾ ਹੋ ਗਿਆ। ਇਸ ਪਾਰਟੀ ਦਾ ਕੇਂਦਰ ਸਾਨ ਫ਼ਰਾਂਸਿਸਕੋ ਬਣਾਇਆ ਗਿਆ ਤੇ ਇਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਪ੍ਰਚਾਰ-ਹਿੱਤ (ਉਰਦੂ ਤੇ ਪੰਜਾਬੀ) ਗ਼ਦਰ ਨਾਂਅ ਹੇਠ ਹਫ਼ਤਾਵਾਰ ਅਖ਼ਬਾਰ ਕੱਢਿਆ। ਹਿੰਦੁਸਤਾਨ ਸਰਕਾਰ ਦੇ ਖੁਫੀਆ ਮਹਿਕਮੇ ਦੇ ਡਾਇਰੈਕਟਰ ਨੇ ‘ਹਿੰਦੁਸਤਾਨ ਦੀ ਵਰਤਮਾਨ ਰਾਜਸੀ ਹਾਲਤ’ ਬਾਰੇ 14 ਮਈ 1914 ਨੂੰ ਹਿੰਦੁਸਤਾਨ ਸਰਕਾਰ ਵੱਲ ਭੇਜੀ ਰਿਪੋਰਟ ਵਿੱਚ ਉਸ ਦਾ ਜ਼ਿਕਰ ਕੀਤਾ। ਇਸ ਅਖ਼ਬਾਰ ਨੂੰ ਲਿਖਣ ਤੇ ਪ੍ਰਕਾਸ਼ਤ ਕਰਨ ਲਈ ਕਮੇਟੀ ਦੇ ਮੁਖੀ ਲਾਲਾ ਹਰਦਿਆਲ, ਕਰਤਾਰ ਸਿੰਘ ਸਰਾਭਾ ਤੇ ਸ੍ਰੀ ਰਘੁਬਰ ਦਿਆਲ ਗੁਪਤਾ ਸਨ। ਸਰਾਭਾ ਦੀਆਂ ਦੇਸ਼ ਪ੍ਰੇਮ ਦੀਆਂ ਉਚੇਰੀਆਂ ਭਾਵਨਾਵਾਂ ਨੂੰ ਦੇਖਦਿਆਂ ਗ਼ਦਰ ਪਾਰਟੀ ਨੇ ਕੈਲੀਫ਼ੋਰਨੀਆ ਵਿੱਚ ਇੱਕ ਮੀਟਿੰਗ ਕਰਕੇ ਉਸ ਨੂੰ ਪ੍ਰਬੰਧਕ ਕਮੇਟੀ ਮੈਂਬਰ ਚੁਣਿਆ। ਕਰਤਾਰ ਸਿੰਘ ਸਰਾਭਾ ਦੇ ਸਾਰੇ ਸਾਥੀਆਂ ਦਾ ਕਹਿਣਾ ਸੀ ਕਿ ਉਹ ਕਾਫੀ ਮਿਹਨਤੀ ਅਤੇ ਸਿਦਕੀ ਸੀ। ਉਨ੍ਹਾਂ ਦੇ ਕੋਲ ਨਾ ਪੈਸੇ ਸਨ ਅਤੇ ਨਾ ਹੀ ਲੜਨ ਵਾਸਤੇ ਹਥਿਆਰ ਸਨ ਅਤੇ ਨਾ ਹੀ ਕੋਈ ਪ੍ਰੇਰਨਾ ਦੇਣ ਵਾਲਾ ਸਾਹਿਤ ਜਾਂ ਸੰਪਰਕ ਕਰਨ ਦਾ ਕੋਈ ਢਾਂਚਾ ਮੌਜੂਦ ਸੀ। ਇਸ ਲਈ ਸਾਰੀ ਯੋਜਨਾ ਕਰਤਾਰ ਸਿੰਘ ਨੂੰ ਹੀ ਬਣਾਉਣੀ ਪੈਂਦੀ ਸੀ। ਭਾਵੇਂ ਬੰਗਾਲ ਦੇ ਇਨਕਲਾਬੀਆਂ ਕੋਲ ਪਹੁੰਚ ਕਰਨੀ ਹੋਵੇ, ਜਾਂ ਰਾਸ ਬਿਹਾਰੀ ਬੋਸ ਵਰਗੇ ਇਨਕਲਾਬੀਆਂ ਨੂੰ ਪੰਜਾਬ ਲਿਆਉਣ ਹੋਵੇ ਜਾਂ ਇਹ ਫੈਸਲਾ ਕਰਨਾ ਹੋਵੇ ਕਿ ਫੰਡ ਇਕੱਠਾ ਕਰਨ ਦੇ ਲਈ ਕੁਝ ਅਮੀਰ ਲੋਕਾਂ ਦੇ ਘਰਾਂ ਵਿੱਚ ਡਕੈਤੀਆਂ ਕੀਤੀਆਂ ਜਾਣ, ਇਹ ਸਾਰੇ ਫੈਸਲੇ ਕਰਤਾਰ ਸਿੰਘ ਸਰਾਭਾ ਵੱਲੋਂ ਹੀ ਲਏ ਗਏ ਸਨ। ਹਥਿਆਰਾਂ ਦੀ ਖਰੀਦ ਕਿੱਥੋਂ ਹੋ ਸਕਦੀ ਹੈ ਜਾਂ ਹਥਿਆਰਾਂ ਜਾਂ ਬੰਬ ਕਿਵੇਂ ਬਣਾਏ ਜਾ ਸਕਦੇ ਹੈ ਇਹ ਸਾਰੇ ਫੈਸਲੇ ਕਰਤਾਰ ਸਿੰਘ ਸਰਾਭਾ ਵੱਲੋਂ ਹੀ ਕੀਤੇ ਕੀਤੇ ਜਾ ਰਹੇ ਸੀ। ਗਦਰ ਦੀ ਤਿਆਰੀ ਲਈ ਪੈਸੇ ਦੀ ਪੂਰਤੀ ਲਈ ਉਨ੍ਹਾਂ ਨੇ ਡਾਕਾ ਮਾਰਨ ਦੀ ਸਕੀਮ ਬਣਾਈ। ਕਰਤਾਰ ਸਿੰਘ ਸਰਾਭਾ ਟੀਮ ਦਾ ਮੁਖੀ ਸੀ। ਡਾਕੇ ਦੌਰਾਨ ਟੀਮ ਦੇ ਇਕ ਮੈਂਬਰ ਨੇ ਜਦੋਂ ਘਰ ਵਿਚ ਮੌਜੂਦ ਕੁੜੀ ਦਾ ਜ਼ਬਰਦਸਤੀ ਹੱਥ ਫੜ ਲਿਆ ਤਾਂ ਰੌਲਾ ਪੈਣ ਉਤੇ ਕਰਤਾਰ ਸਿੰਘ ਝੱਟ ਉੱਥੇ ਪਹੁੰਚ ਗਿਆ। ਕਰਤਾਰ ਸਿੰਘ ਨੇ ਅਪਣਾ ਪਿਸਤੌਲ ਉਸ ਸਾਥੀ ਉਪਰ ਤਾਣ ਕੇ ਉਸ ਨੂੰ ਲੜਕੀ ਦੇ ਪੈਰੀਂ ਹੱਥ ਲੱਗਾ ਕੇ ਮਾਫ਼ੀ ਮੰਗਣ ਲਈ ਕਿਹਾ। ਇਹ ਸਾਰੀ ਘਟਨਾ ਵੇਖ ਕੇ ਲੜਕੀ ਦੀ ਮਾਂ ਸਰਾਭੇ ਤੋਂ ਬਹੁਤ ਪ੍ਰਭਾਵਤ ਹੋਈ। ਕਰਤਾਰ ਸਿੰਘ ਸਰਾਭਾ ਤੋਂ ਡਾਕਾ ਮਾਰਨ ਦੀ ਅਸਲ ਵਜ੍ਹਾ ਪੁੱਛਣ ਉਪਰੰਤ ਕੁੱਝ ਪੈਸੇ ਗਹਿਣੇ ਰੱਖ ਕੇ ਬਾਕੀ ਸੱਭ ਕੁੱਝ ਸਰਾਭੇ ਹੁਰਾਂ ਨੂੰ ਦੇ ਦਿਤਾ। ਉਪਰੋਕਤ ਘਟਨਾ ਤੋਂ ਪਤਾ ਚਲਦਾ ਹੈ ਕਿ ਕਰਤਾਰ ਸਿੰਘ ਸਰਾਭਾ ਕਿੰਨੇ ਉੱਚੇ ਤੇ ਸੁੱਚੇ ਇਖ਼ਲਾਕ ਦਾ ਮਾਲਕ ਸੀ।

ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜ ਸੁੱਟਣ ਲਈ ਅਮਰੀਕਾ ਅਤੇ ਕਨੇਡਾ ਵਿੱਚ ਵਸੇ ਭਾਰਤੀਆਂ ਨੂੰ ਇੱਕਜੁਟ ਕਰਨ ਦਾ ਕੰਮ ਕੀਤਾ ਸੀ। ਉਂਜ ਤਾਂ ‘ਗ਼ਦਰ ਪਾਰਟੀ’ ਦੀ ਯੋਜਨਾ 1913 ਵਿੱਚ ਹੀ ਬਣ ਗਈ ਸੀ ਪਰ ਇਸਨੂੰ 21 ਫਰਵਰੀ 1915 ਈ: ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਅੰਗਰੇਜ਼ ਹਕੂਮਤ ਆਪਣਾ ਇੱਕ ਝੋਲੀਚੁੱਕ, ਕਿਰਪਾਲ ਸਿੰਘ ਪਾਰਟੀ ਵਿੱਚ ਸ਼ਾਮਲ ਕਰਨ ਵਿੱਚ ਕਾਮਯਾਬ ਹੋ ਗਈ ਤੇ ਉਸ ਨੇ ਸਾਰੀ ਰਿਪੋਰਟ ਸਰਕਾਰ ਨੂੰ ਭੇਜਣੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ 21 ਫਰਵਰੀ ਵਾਲਾ ਗ਼ਦਰ ਫੇਲ੍ਹ ਹੋ ਗਿਆ। 19 ਫਰਵਰੀ ਨੂੰ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਗ੍ਰਿਫ਼ਤਾਰ ਕਰ ਲਏ। ਪਰ ਕਰਤਾਰ ਸਿੰਘ, ਸੁਰਸਿੰਘ ਦਾ ਜਗਤ ਸਿੰਘ ਅਤੇ ਹਰਨਾਮ ਸਿੰਘ ਟੁੰਡੀਲਾਟ ਬਚ ਕੇ ਕਾਬੁਲ ਵੱਲ ਨਿਕਲ ਗਏ ਸਨ। ਪ੍ਰੰਤੂ ਉਕਤ ਤਿੰਨੋਂ ਜਦੋਂ ਆਪਣੀ ਮੁਹਿੰਮ ਨੂੰ ਜਾਰੀ ਰੱਖਣ ਲਈ ਪੰਜਾਬ ਪਰਤ ਰਹੇ ਸਨ ਤਾਂ ਪੁਲਿਸ ਨੇ 2 ਮਾਰਚ 1915 ਨੂੰ ਸ਼ਾਹਪੁਰ ਜ਼ਿਲ੍ਹੇ ਵਿੱਚ ਵਿਲਸਨਪੁਰ ਵਿਖੇ 22ਵੀਂ ਘੋੜ-ਸਵਾਰ ਫ਼ੌਜ ਦੇ ਜਵਾਨਾਂ ਨੂੰ ਵਰਗਲਾਉਣ ਦੇ ਉਦੇਸ਼ ਨਾਲ ਆਇਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸਰਾਭੇ ਵਲੋਂ ਆਪਣੇ ਬਚਾਅ ਲਈ ਕੋਈ ਵਕੀਲ ਨਹੀਂ ਕੀਤਾ ਗਿਆ ਸੀ।ਜਦੋਂ ਬਗ਼ਾਵਤ ਦੇ ਦੋਸ਼ ਅਧੀਨ ਕਰਤਾਰ ਸਿੰਘ ਸਰਾਭਾ ’ਤੇ ਮੁਕੱਦਮਾ ਚੱਲ ਰਿਹਾ ਸੀ ਤਾਂ ਉਸ ਨੇ ਤਮਾਮ ਦੋਸ਼ਾਂ ਦੀ ਸਮੁੱਚੀ ਜ਼ਿੰਮੇਵਾਰੀ ਆਪਣੇ ਖੁਦ ਉੱਪਰ ਲੈ ਲਈ ਸੀ ਤੇ ਇਹ ਸਭ ਸੁਣ ਕੇ ਜੱਜ ਹੱਕਾ-ਬੱਕਾ ਰਹਿ ਗਿਆ ਕਿ ਇੱਕ ਉੱਨੀ ਸਾਲਾਂ ਦੀ ਛੋਟੀ ਉਮਰ ਦਾ ਮੁੱਛ ਫੁੱਟ ਗਭਰੂ ਇੰਨੀ ਨਿਡਰਤਾ ਨਾਲ ਵਿਵਹਾਰ ਕਰ ਰਿਹਾ ਸੀ। ਕਰਤਾਰ ਸਿੰਘ ਦੀ ਨਿੱਕੀ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਜੱਜ ਨੇ ਨੌਜਵਾਨ ਨੂੰ ਆਪਣੇ ਬਿਆਨ ਵਿੱਚ ਸੋਧ ਕਰਨ ਦੀ ਸਲਾਹ ਦਿੱਤੀ, ਪਰ ਨਤੀਜਾ ਇਸਦੇ ਵਿਪਰੀਤ ਹੋਇਆ। ਕਰਤਾਰ ਸਿੰਘ ਨੇ ਇਸਦੇ ਉਲਟ ਹੋਰ ਵੀ ਦ੍ਰਿੜ੍ਹਤਾ ਨਾਲ ਬਿਆਨ ਦਿੱਤਾ ਅਤੇ ਪੂਰੀ ਸਾਜ਼ਿਸ਼ ਦਾ ਜ਼ਿੰਮੇਵਾਰ ਉਹ ਖ਼ੁਦ ਹੀ ਸੀ। ਇਸਦੇ ਆਧਾਰ ’ਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਕੋਰਟ ਦੀ ਕਾਰਵਾਈ ਦਿਖਾਵਾ ਮਾਤਰ ਸੀ ਜਿਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਸ ਕੇਸ ਵਿੱਚ ਅਦਾਲਤ ਦੇ ਫ਼ੈਸਲੇ ਵਿਰੁੱਧ ਕੋਈ ਵੀ ਗ਼ਦਰੀ ਅੱਗੇ ਅਪੀਲ ਨਹੀਂ ਸੀ ਕਰ ਸਕਦਾ। ਗ਼ਦਰੀਆਂ ਵਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਰਘੂਵਰ ਸਹਾਇ ਨੇ 24 ਗ਼ਦਰੀਆਂ ਨੂੰ ਫਾਂਸੀ ਦੀ ਸਜ਼ਾ ਦਾ ਮੁੱਦਾ ਵਾਇਸਰਾਇ ਕੌਂਸਲ ਕੋਲ ਉਠਾਇਆ ਤੇ ਕੌਂਸਲ ਦੇ ਮੈਂਬਰ ਸਰ ਅਲੀ ਇਮਾਮ ਨੇ ਕਾਨੂੰਨੀ ਪੈਂਤਰਿਆਂ ਦੀ ਨਜ਼ਰਸਾਨੀ ਤੋਂ ਬਾਅਦ 24 ਗ਼ਦਰੀਆਂ ਵਿਚੋਂ 17 ਗ਼ਦਰੀਆਂ ਦੀ ਫਾਂਸੀ ਦੀ ਸਜ਼ਾ ਤੋੜ ਕੇ ਸਜ਼ਾ-ਏ-ਕਾਲੇਪਾਣੀ ਕਰ ਦਿੱਤੀ। ਸਰ ਅਲੀ ਇਮਾਮ ਨੇ ਸਰਾਭੇ ਦੀ ਫਾਂਸੀ ਵੀ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਲਈ ਬਹੁਤ ਜ਼ੱਦੋਜਹਿਦ ਕੀਤੀ, ਕਿਉਂਕਿ ਸਰਾਭੇ ਦੀ ਉਮਰ ਉਸ ਵੇਲੇ ਸਭ ਤੋਂ ਘੱਟ ਸੀ। ਪਰ ਵਾਇਸਰਾਇ ਨੇ ਅਪੀਲ ਖਾਰਜ਼ ਕਰ ਦਿੱਤੀ ਸੀ। ਕੋਰਟ ਦੇ ਜੱਜਾਂ ਵਲੋਂ ਸਰਾਭੇ ਬਾਰੇ ਸਭ ਤੋਂ ਵੱਧ ਸੱਤ ਪੰਨਿਆਂ ਦਾ ਫ਼ੈਸਲਾ ਲਿਖਿਆ ਗਿਆ ਸੀ ਜਿਸ ਵਿੱਚ ਉਸ ਨੂੰ ਸਭ ਤੋਂ ਵੱਧ ‘ਖ਼ਤਰਨਾਕ’ ਦੱਸਿਆ ਗਿਆ ਸੀ। ਜੱਜ ਨੇ ਕਰਤਾਰ ਸਿੰਘ ਸਰਾਭਾ ਨੂੰ ਵੀ ਕਿਹਾ, "ਜੇ ਤੂੰ ਮੁਆਫੀ ਮੰਗ ਲਏ ਤਾਂ ਅਸੀਂ ਤੇਰੀ ਸਜ਼ਾ ਮੁਆਫ ਕਰ ਸਕਦੇ ਹਾਂ ਕਿਉਂਕਿ ਤੇਰੀ ਉਮਰ ਵੀ ਛੋਟੀ ਹੈ।'' ਤਾਂ ਕਰਤਾਰ ਸਿੰਘ ਸਰਾਭਾ ਨੇ ਕਿਹਾ, "ਮੈਂ ਤਾਂ ਇਸੇ ਕੰਮ ਲਈ ਇੱਥੇ ਆਇਆ ਹਾਂ ਅਤੇ ਜੇ ਮਰਾਂ ਵੀ ਤਾਂ ਮੇਰੀ ਇੱਛਾ ਹੈ ਕਿ ਫਿਰ ਜਨਮ ਲੈ ਕੇ ਭਾਰਤ ਦੀ ਆਜ਼ਾਦੀ ਲਈ ਲੜਾਂ ਤੇ ਫਿਰ ਆਪਣੀ ਜਾਨ ਦੇਵਾਂ।'' ਫ਼ੈਸਲੇ ਵਿੱਚ ਅਹਿਮ ਗੱਲ ਇਹ ਲਿਖੀ ਗਈ ਸੀ ਕਿ ਗ਼ਦਰ ਦੀ ਅਜਿਹੀ ਕੋਈ ਵੀ ਘਟਨਾ ਨਹੀਂ ਹੈ ਜਿਸ ਵਿੱਚ ਸਰਾਭਾ ਸ਼ਾਮਿਲ ਨਾ ਹੋਵੇ। ਅੰਤ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਛੇ ਹੋਰ ਸਾਥੀਆਂ - ਬਖਸ਼ੀਸ਼ ਸਿੰਘ(ਅੰਮ੍ਰਿਤਸਰ), ਹਰਨਾਮ ਸਿੰਘ(ਸਿਆਲਕੋਟ), ਜਗਤ ਸਿੰਘ(ਲਾਹੌਰ), ਸੁਰੈਣ ਸਿੰਘ -1 ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਪੂਨਾ (ਮਹਾਰਾਸ਼ਟਰ) - ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ।  ਫ਼ਾਂਸੀ ਲੱਗਣ ਦੇ ਦਿਨ ਤੋਂ ਇਕ ਦਿਨ ਪਹਿਲਾਂ ਸਰਾਭੇ ਨੇ ਦੇਸ਼ ਵਾਸੀਆਂ ਲਈ ਇਕ ਕਵਿਤਾ ਲਿਖੀ ਸੀ :-

ਦੇਸ਼ ਵਾਸੀਓ ਰੱਖਣਾ ਯਾਦ ਸਾਨੂੰ, ਕਿਤੇ ਦਿਲਾਂ ਵਿਚੋਂ ਨਾ ਭੁਲਾ ਜਾਣਾ।
ਖ਼ਾਤਰ ਦੇਸ਼ ਦੀ ਲੱਗੇ ਹਾਂ ਚੜ੍ਹਨ ਫਾਂਸੀ, ਸਾਨੂੰ ਵੇਖ ਕੇ ਨਾ ਘਬਰਾ ਜਾਣਾ।

ਅਸਲ ਵਿੱਚ 1857 ਦੇ ਬਾਅਦ ਇਹ ਅਜ਼ਾਦੀ ਦੀ ਦੂਸਰੀ ਹਥਿਆਰਬੰਦ ਕੋਸ਼ਿਸ਼ ਸੀ। ਜਿਸ ਵਿੱਚ 200 ਤੋਂ ਜ਼ਿਆਦਾ ਲੋਕ ਸ਼ਹੀਦ ਹੋਏ, ਪਰ ਇਸ ਨਾਲ ਆਜ਼ਾਦੀ ਦੇ ਉਦੇਸ਼ ਨੂੰ ਬਲ ਮਿਲਿਆ। ਕਰਤਾਰ ਸਿੰਘ ਸਰਾਭਾ ਆਪਣੇ ਬਹੁਤ ਛੋਟੇ ਜਿਹੇ ਰਾਜਨੀਤਕ ਜੀਵਨ ਦੇ ਦਲੇਰਾਨਾ ਕੰਮਾਂ ਦੇ ਕਾਰਨ ਗ਼ਦਰ ਪਾਰਟੀ ਦੇ ਲੋਕ ਨਾਇਕ ਦੇ ਰੂਪ ਵਿੱਚ ਉੱਭਰਿਆ। ਭਗਤ ਸਿੰਘ ਉਸ ਨੂੰ ਆਪਣਾ ਆਦਰਸ਼ ਮੰਨਦਾ ਸੀ। ਭਗਤ ਸਿੰਘ, ਕਰਤਾਰ ਸਿੰਘ ਸਰਾਭੇ ਦੀ ਫੋਟੋ ਹਮੇਸ਼ਾ ਆਪਣੀ ਜੇਬ ਵਿੱਚ ਰੱਖਦਾ ਸੀ।

Comments

ਮਸ਼ਹੂਰ ਲਿਖਤਾਂ

ਪੁਲਾੜ ਦੇ ਅਦ੍ਰਿਸ਼ ਦੈਂਤ - ਬਲੈਕ ਹੋਲ

ਪਹਿਲੀ ਮਹਿਲਾ ਪੁਲਾੜ ਯਾਤਰੀ

ਰਹੱਸਮਈ ਗੀਜ਼ਾ ਦੇ ਪਿਰਾਮਿਡ

ਆਓ ਜਾਣੀਏ ਪੱਛਮੀ ਸੰਗੀਤਕ ਸ਼੍ਰੇਣੀ ਹਿੱਪ-ਹੌਪ ਬਾਰੇ

ਪੂਰਬੀ ਸੱਭਿਆਚਾਰ vs ਪੱਛਮੀ ਸੱਭਿਆਚਾਰ